ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ( ਕਾਂਗਰਸ )
ਸੁਖਬੀਰ ਸਿੰਘ ਬਾਦਲ 'ਤੇ ਹਮਲਾ ਅਤਿ ਨਿੰਦਣਯੋਗ - ਐਮ.ਪੀ ਔਜਲਾ
ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਓਹਨਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇਤਰਾਜ਼ ਕਰ ਸਕਦਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਡਰਾਉਣੀ ਹੈ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਦਿੱਤੀ ਗਈ ਹੈ ਅਤੇ ਜੇਕਰ ਕਿਸੇ ਨੂੰ ਇਸ 'ਤੇ ਕੋਈ ਇਤਰਾਜ਼ ਹੈ ਤਾਂ ਉਹ ਖ਼ੁਦ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵਫ਼ਦ ਨਾਲ ਮਿਲ ਸਕਦਾ ਹੈ, ਪਰ ਅਜਿਹਾ ਕਿਤੇ ਵੀ ਸਹੀ ਨਹੀਂ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਉਹ ਥਾਂ ਪਰਮ ਹੈ। ਪੁਲੀਸ ਨੇ ਬੜੀ ਮੁਸਤੈਦੀ ਨਾਲ ਇਸ ਨੂੰ ਰੋਕਿਆ ਪਰ ਹੁਣ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਾਂਸਦ ਔਜਲਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਉਥੇ ਹੀ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਵੀ ਸਖ਼ਤ ਫੈਸਲੇ ਲਏ ਜਾਣ।